ਦਰਿਆ ਬਿਆਸ 'ਚ ਪਾਣੀ ਦਾ ਪੱਧਰ ਘਟਣ ਕਾਰਨ ਲੋਕਾਂ ਨੇ ਲਿਆ ਸੁੱਖ ਦਾ ਸਾਹ
ਕਪੂਰਥਲਾ, 10 ਸਤੰਬਰ (ਅਮਰਜੀਤ ਕੋਮਲ)-ਦਰਿਆ ਬਿਆਸ ਵਿਚ ਪਾਣੀ ਦਾ ਪੱਧਰ ਲਗਾਤਾਰ ਘਟਣ ਕਾਰਨ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ। ਅੱਜ ਸਵੇਰੇ ਦਰਿਆ ਬਿਆਸ ਵਿਚ ਪਾਣੀ ਦਾ ਪੱਧਰ 65 ਹਜ਼ਾਰ ਕਿਊਸਿਕ ਸੀ। ਘੱਟ ਰਹੇ ਪਾਣੀ ਦੇ ਪੱਧਰ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੇ ਹੜ੍ਹ ਪੀੜਤ ਲੋਕਾਂ ਦੇ ਮੁੜ ਵਸੇਬੇ ਲਈ ਯਤਨ ਤੇਜ਼ ਕਰਨ ਲਈ ਵਿਆਪਕ ਯੋਜਨਾਬੰਦੀ ਕੀਤੀ ਹੈ। ਅੱਜ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਅਮਿਤ ਕੁਮਾਰ ਪੰਚਾਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਹੜ੍ਹ ਦੇ ਪਾਣੀ ਦੇ ਘਟਣ ਨਾਲ ਲੋਕਾਂ ਦੀ ਸਿਹਤ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤੇ ਇਸ ਸਬੰਧੀ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਵੀ ਜਾਰੀ ਕਰ ਦਿੱਤੀਆਂ ਗਈਆਂ ਹਨ।
ਉਨ੍ਹਾਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਕੇ ਹੜ੍ਹ ਦੇ ਪਾਣੀ ਨਾਲ ਖ਼ਰਾਬ ਹੋਈਆਂ ਸੜਕਾਂ ਨੂੰ ਤੁਰੰਤ ਮੁਰੰਮਤ ਕਰਵਾਉਣ ਤਾਂ ਜੋ ਲੋਕਾਂ ਨੂੰ ਆਵਾਜਾਈ ਲਈ ਕੋਈ ਮੁਸ਼ਕਿਲ ਨਾ ਆਵੇ। ਉਨ੍ਹਾਂ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਉਹ ਵਿਭਾਗ ਵਲੋਂ ਤਾਇਨਾਤ ਟੀਮਾਂ ਪਸ਼ੂਧਨ ਦੀ ਸਿਹਤ ਸੁਰੱਖਿਆ ਦੀ ਜਾਂਚ ਤੇ ਇਲਾਜ ਜਾਰੀ ਰੱਖਣ, ਜਿਉਂ ਜਿਉਂ ਪਾਣੀ ਘਟਦਾ ਹੈ, ਇਹ ਟੀਮਾਂ ਲੋਕਾਂ ਦੇ ਘਰਾਂ ਤੱਕ ਪਹੁੰਚ ਕਰਕੇ ਪਸ਼ੂਆਂ ਦਾ ਇਲਾਜ ਕਰਨ। ਡਿਪਟੀ ਕਮਿਸ਼ਨਰ ਨੇ ਪਾਵਰਕਾਮ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਪ੍ਰਭਾਵਿਤ ਇਲਾਕਿਆਂ ਵਿਚ ਬਿਜਲੀ ਸਪਲਾਈ ਆਮ ਵਾਂਗ ਚਾਲੂ ਕਰਨ ਲਈ ਯਤਨ ਤੇਜ਼ ਕਰਨ ਤਾਂ ਜੋ ਆਮ ਜਨਜੀਵਨ ਨੂੰ ਮੁੜ ਪਟੜੀ 'ਤੇ ਲਿਆਂਦਾ ਜਾ ਸਕੇ। ਜ਼ਿਕਰਯੋਗ ਹੈ ਕਿ ਪਸ਼ੂ ਪਾਲਣ ਵਿਭਾਗ ਦੀਆਂ ਵੈਟਰਨਰੀ ਡਾਕਟਰਾਂ ਦੀਆਂ ਟੀਮਾਂ ਵਲੋਂ ਅੱਜ ਮੰਡ ਇੰਦਰਪੁਰ, ਮੰਡ ਅੰਦਰੇਸਾ, ਟਿੱਬੀ ਅਤੇ ਆਹਲੀ ਕਲਾਂ ਵਿਚ ਪਸ਼ੂਆਂ ਦੀ ਜਾਂਚ ਕਰਕੇ ਉਨ੍ਹਾਂ ਦਾ ਇਲਾਜ ਕੀਤਾ ਗਿਆ।