ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ, ਐਡ. ਅਰਸ਼ਦੀਪ ਸਿੰਘ ਕਲੇਰ ਤੇ ਜੋਧ ਸਿੰਘ ਸਮਰਾ ਵਲੋਂ ਹੜ੍ਹ ਪ੍ਰਭਾਵਿਤ ਖੇਤਰ ਦਾ ਦੌਰਾ

ਅਜਨਾਲਾ, ਰਮਦਾਸ, ਗੱਗੋਮਾਹਲ, 11 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ, ਜਸਵੰਤ ਸਿੰਘ ਵਾਹਲਾ, ਬਲਵਿੰਦਰ ਸਿੰਘ ਸੰਧੂ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹੜ੍ਹ ਪ੍ਰਭਾਵਿਤ ਲੋਕਾਂ ਦੀ ਹਰ ਤਰ੍ਹਾਂ ਦੀ ਮਦਦ ਕਰਨ ਅਤੇ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਬਣਾਈ ਗਈ ਪੰਜ ਮੈਂਬਰੀ ਕਮੇਟੀ ਦੇ ਮੈਂਬਰ ਤੇ ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਅਤੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਵਲੋਂ ਅੱਜ ਹਲਕਾ ਇੰਚਾਰਜ ਜੋਧ ਸਿੰਘ ਸਮਰਾ ਨੂੰ ਨਾਲ ਲੈ ਕੇ ਹੜ੍ਹ ਪ੍ਰਭਾਵਿਤ ਖੇਤਰ ਦਾ ਦੌਰਾ ਕੀਤਾ ਗਿਆI
ਇਸ ਮੌਕੇ ਉਨ੍ਹਾਂ ਸਭ ਤੋਂ ਪਹਿਲਾਂ ਨੋਮਨੀ ਨਾਲੇ ਦੇ ਟੁੱਟੇ ਹੋਏ ਬੰਨ੍ਹ ਨੂੰ ਦੇਖਿਆ। ਉਪਰੰਤ ਉਨ੍ਹਾਂ ਕਾਰ ਸੇਵਾ ਵਾਲੇ ਮਹਾਪੁਰਖਾਂ ਵਲੋਂ ਘੋਨੇਵਾਲਾ ਵਿਖੇ ਧੁੱਸੀ ਬੰਨ੍ਹ ਦੇ ਪਾੜ ਨੂੰ ਪੂਰਨ ਲਈ ਚੱਲ ਰਹੀ ਸੇਵਾ ਵਿਚ ਤਿਲਫੁਲ ਹਿੱਸਾ ਪਾਉਂਦਿਆਂ ਮਹਾਪੁਰਖਾਂ ਨਾਲ ਮੁਲਾਕਾਤ ਵੀ ਕੀਤੀ ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਤਰਫੋਂ ਹਰ ਤਰ੍ਹਾਂ ਦੀ ਮਦਦ ਦਾ ਭਰੋਸਾ ਦਿਵਾਇਆI 'ਅਜੀਤ' ਨਾਲ ਗੱਲਬਾਤ ਕਰਦਿਆਂ ਡਾ. ਦਲਜੀਤ ਸਿੰਘ ਚੀਮਾ ਅਤੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਹੜ੍ਹ ਪੀੜਤ ਪਰਿਵਾਰਾਂ ਦੀ ਹਰ ਪੱਖੋਂ ਬਾਂਹ ਫੜੀ ਜਾਵੇਗੀ ਅਤੇ ਕਿਸਾਨੀ ਨੂੰ ਮੁੜ ਪੈਰਾਂ ਸਿਰ ਖੜ੍ਹਾ ਕਰਨ ਲਈ ਵੀ ਹੜ੍ਹ ਪੀੜਤ ਕਿਸਾਨਾਂ ਨੂੰ ਕਣਕ ਦੇ ਮਿਆਰੀ ਬੀਜ ਅਤੇ ਡੀਜ਼ਲ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਇਸ ਵੇਲੇ ਹੜ੍ਹਾਂ ਦੀ ਕਰੋਪੀ ਦੇ ਬੜੇ ਮੁਸ਼ਕਿਲ ਦੌਰ ਵਿਚੋਂ ਗੁਜ਼ਰ ਰਿਹਾ ਹੈ ਅਤੇ ਸੂਬਾ ਵਾਸੀਆਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੌਰੇ ਤੋਂ ਬਹੁਤ ਆਸਾਂ ਸਨ ਪਰ ਉਨ੍ਹਾਂ ਵਲੋਂ ਜੋ 1600 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ, ਉਹ ਨਾਕਾਫੀ ਹੈI
ਉਨ੍ਹਾਂ ਅੱਗੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਕਿਹਾ ਗਿਆ ਹੈ ਕਿ ਕੁਦਰਤੀ ਆਫਤਾਂ ਨਾਲ ਨਜਿੱਠਣ ਲਈ 12 ਹਜ਼ਾਰ ਕਰੋੜ ਰੁਪਇਆ ਪਹਿਲਾਂ ਹੀ ਪੰਜਾਬ ਕੋਲ ਹੈ। ਉਨ੍ਹਾਂ ਅੱਗੇ ਕਿਹਾ ਕਿ ਭਾਵੇਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਇਸ ਵੇਲੇ ਹਸਪਤਾਲ ਵਿਚ ਹਨ ਪਰ ਪ੍ਰਧਾਨ ਮੰਤਰੀ ਨੂੰ ਮਿਲਣ ਜਾਣ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਜ਼ਰੂਰ ਜਾਣਾ ਚਾਹੀਦਾ ਸੀ ਤੇ ਉਹ ਪ੍ਰਧਾਨ ਮੰਤਰੀ ਮੋਦੀ ਨੂੰ ਪੰਜਾਬ ਦੇ ਸਾਰੇ ਆਰਥਿਕ ਹਾਲਾਤ ਤੋਂ ਜਾਣੂ ਕਰਵਾਉਂਦੇ I ਇਸ ਮੌਕੇ ਹਲਕਾ ਇੰਚਾਰਜ ਜੋਧ ਸਿੰਘ ਸਮਰਾ, ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਸਿੰਘ ਰਾਜਾ ਲਦੇਹ ਅਤੇ ਜਥੇਦਾਰ ਮੁਖਤਾਰ ਸਿੰਘ ਸੂਫੀਆਂ ਸਮੇਤ ਹੋਰ ਆਗੂ ਹਾਜ਼ਰ ਸਨ।