ਕੇਂਦਰ ਸਰਕਾਰ ਖ਼ਿਲਾਫ਼ ਕਾਂਗਰਸ ਦਾ ਜ਼ੋਰਦਾਰ ਪ੍ਰਦਰਸ਼ਨ
ਫ਼ਾਜ਼ਿਲਕਾ, 21 ਦਸੰਬਰ (ਪ੍ਰਦੀਪ ਕੁਮਾਰ) - ਫਾਜ਼ਿਲਕਾ ਵਿਚ ਕੇਂਦਰ ਸਰਕਾਰ ਦੀਆਂ ਨੀਤੀਆਂ ਦੇ ਵਿਰੋਧ ਵਿਚ ਕਾਂਗਰਸ ਪਾਰਟੀ ਵਲੋਂ ਜ਼ੋਰਦਾਰ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਮਨਰੇਗਾ ਸਕੀਮ ਦਾ ਨਾਮ ਬਦਲਣ ਦੇ ਫ਼ੈਸਲੇ ਦਾ ਤਿੱਖਾ ਵਿਰੋਧ ਜਤਾਇਆ। ਪ੍ਰਦਰਸ਼ਨ ਦੌਰਾਨ ਕੇਂਦਰ ਸਰਕਾਰ ਦੀ ਅਰਥੀ ਵੀ ਫੂਕੀ ਗਈ।
ਇਹ ਪ੍ਰਦਰਸ਼ਨ ਜ਼ਿਲ੍ਹਾ ਕਾਂਗਰਸ ਪ੍ਰਧਾਨ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਕੀਤਾ ਗਿਆ, ਜਿਸ ਵਿਚ ਫ਼ਾਜ਼ਿਲਕਾ ਦੇ ਸਾਬਕਾ ਵਿਧਾਇਕ ਮਹਿੰਦਰ ਕੁਮਾਰ ਰਿਣਵਾ, ਦਵਿੰਦਰ ਸਿੰਘ ਘੁਬਾਇਆ, ਬੱਲੂਆਣਾ ਤੋਂ ਸਾਬਕਾ ਵਿਧਾਇਕ ਨੱਥੂ ਰਾਮ, ਪੰਜ਼ਾਬ ਕਾਂਗਰਸ ਬੀਸੀ ਵਿੰਗ ਪ੍ਰਧਾਨ ਰਾਜਬਖਸ਼ ਸਣੇ ਹੋਰ ਆਗੂ ਸ਼ਾਮਲ ਹੋਏ। ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਮਨਰੇਗਾ ਦਾ ਨਾਮ ਬਦਲ ਕੇ ਅਤੇ ਸਕੀਮਾਂ ਵਿਚ ਤਬਦੀਲੀਆਂ ਕਰਕੇ ਗਰੀਬਾਂ ਤੋਂ ਰੋਜ਼ਗਾਰ ਖੋਹਣ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਛੇ ਮਹੀਨਿਆਂ ਤੋਂ ਪੰਜਾਬ ਵਿਚ ਮਨਰੇਗਾ ਸਕੀਮ ਠੱਪ ਪਈ ਹੋਈ ਹੈ, ਜਿਸ ਕਾਰਨ ਹਜ਼ਾਰਾਂ ਗਰੀਬ ਪਰਿਵਾਰ ਬੇਰੋਜ਼ਗਾਰੀ ਦਾ ਸ਼ਿਕਾਰ ਹੋ ਰਹੇ ਹਨ। ਹਰਪ੍ਰੀਤ ਸਿੰਘ ਨੇ ਪੰਜਾਬ ਸਰਕਾਰ ‘ਤੇ ਵੀ ਸਵਾਲ ਚੁੱਕਦੇ ਹੋਏ ਕਿਹਾ ਕਿ ਜਦੋਂ ਕੇਂਦਰ ਸਰਕਾਰ ਵਲੋਂ ਇਹ ਬਿੱਲ ਲਿਆਂਦਾ ਗਿਆ, ਉਸ ਸਮੇਂ ਹੀ ਪੰਜਾਬ ਸਰਕਾਰ ਨੂੰ ਵਿਰੋਧ ਕਰਨਾ ਚਾਹੀਦਾ ਸੀ ਅਤੇ ਲੋਕਾਂ ਨੂੰ ਜਾਗਰੂਕ ਕਰਨਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਉਸ ਵੇਲੇ ਸੁੱਤੀ ਰਹੀ ਅਤੇ ਹੁਣ ਵਿਧਾਨ ਸਭਾ ਦਾ ਇਜਲਾਸ ਬੁਲਾਕੇ ਸਿਰਫ਼ ਖਾਨਾਪੂਰੀ ਕੀਤੀ ਜਾ ਰਹੀ ਹੈ।ਕਾਂਗਰਸ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇ ਕੇਂਦਰ ਸਰਕਾਰ ਨੇ ਗਰੀਬ ਵਿਰੋਧੀ ਨੀਤੀਆਂ ਵਾਪਸ ਨਾ ਲਈਆਂ ਤਾਂ ਕਾਂਗਰਸ ਪਾਰਟੀ ਆਪਣਾ ਸੰਘਰਸ਼ ਹੋਰ ਤੇਜ਼ ਕਰੇਗੀ।
;
;
;
;
;
;
;
;