ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿਚ ਬੰਬ ਦੀ ਸੂਚਨਾ ਨਾਲ ਮਚੀ ਹਫ਼ੜਾ-ਦਫ਼ੜੀ
ਚੰਡੀਗੜ੍ਹ,26 ਦਸੰਬਰ- ਚੰਡੀਗੜ੍ਹ ਜ਼ਿਲ੍ਹਾ ਅਦਾਲਤ ਦੇ ਕੰਪਲੈਕਸ ਵਿਚ ਅੱਜ ਉਸ ਸਮੇਂ ਹਫੜਾ-ਦਫੜੀ ਮੱਚ ਗਈ, ਜਦੋਂ ਉੱਥੇ ਬੰਬ ਹੋਣ ਦੀ ਸੂਚਨਾ ਸਾਹਮਣੇ ਆਈ। ਸੂਚਨਾ ਮਿਲਦੇ ਹੀ ਸੁਰੱਖਿਆ ਏਜੰਸੀਆਂ ਅਲਰਟ ਹੋ ਗਈਆਂ ਅਤੇ ਸਾਵਧਾਨੀ ਵਜੋਂ ਜ਼ਿਲ੍ਹਾ ਅਦਾਲਤ ਦੇ ਚੈਂਬਰ ਕੰਪਲੈਕਸ ਨੂੰ ਖਾਲੀ ਕਰਵਾਉਣ ਦੇ ਨਿਰਦੇਸ਼ ਜਾਰੀ ਕੀਤੇ ਗਏ।
ਡਿਸਟ੍ਰਿਕਟ ਬਾਰ ਐਸੋਸੀਏਸ਼ਨ (DBA) ਦੇ ਪ੍ਰਧਾਨ ਵਲੋਂ ਜਾਰੀ ਸੰਦੇਸ਼ ਵਿਚ ਕਿਹਾ ਗਿਆ ਕਿ ਚੈਂਬਰ ਕੰਪਲੈਕਸ ਵਿਚ ਮੌਜੂਦ ਸਾਰੇ ਵਕੀਲ ਅਤੇ ਮੈਂਬਰ ਤੁਰੰਤ ਆਪਣੇ-ਆਪਣੇ ਚੈਂਬਰ ਖਾਲੀ ਕਰ ਦੇਣ। ਇਹ ਕਦਮ ਬੰਬ ਦੀ ਅਫ਼ਵਾਹ ਦੇ ਖਦਸ਼ੇ ਨੂੰ ਦੇਖਦੇ ਹੋਏ ਸੁਰੱਖਿਆ ਦੇ ਮੱਦੇਨਜ਼ਰ ਚੁੱਕਿਆ ਗਿਆ।
ਸੂਚਨਾ ਤੋਂ ਬਾਅਦ ਪੁਲਿਸ ਅਤੇ ਸੁਰੱਖਿਆ ਬਲ ਮੌਕੇ 'ਤੇ ਪਹੁੰਚ ਗਏ ਅਤੇ ਪੂਰੇ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਕੰਪਲੈਕਸ ਦੀ ਡੂੰਘਾਈ ਨਾਲ ਤਲਾਸ਼ੀ ਸ਼ੁਰੂ ਕਰ ਦਿੱਤੀ ਗਈ। ਬੰਬ ਨਿਰੋਧਕ ਦਸਤਾ ਅਤੇ ਹੋਰ ਏਜੰਸੀਆਂ ਵੀ ਜਾਂਚ ਵਿਚ ਜੁਟੀਆਂ ਰਹੀਆਂ।
ਫਿਲਹਾਲ ਇਹ ਸੂਚਨਾ ਅਫਵਾਹ ਮੰਨੀ ਜਾ ਰਹੀ ਹੈ, ਹਾਲਾਂਕਿ ਸੁਰੱਖਿਆ ਕਾਰਨਾਂ ਕਰਕੇ ਪੂਰੇ ਕੰਪਲੈਕਸ ਨੂੰ ਖਾਲੀ ਕਰਵਾਇਆ ਗਿਆ ਅਤੇ ਜਾਂਚ ਪੂਰੀ ਹੋਣ ਤੱਕ ਕਿਸੇ ਨੂੰ ਵੀ ਅੰਦਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਪ੍ਰਸ਼ਾਸਨ ਦਾ ਕਹਿਣਾ ਹੈ ਕਿ ਸਥਿਤੀ 'ਤੇ ਪੂਰੀ ਤਰ੍ਹਾਂ ਨਜ਼ਰ ਰੱਖੀ ਜਾ ਰਹੀ ਹੈ ਅਤੇ ਜਾਂਚ ਤੋਂ ਬਾਅਦ ਹੀ ਅਗਲੀ ਜਾਣਕਾਰੀ ਸਾਂਝੀ ਕੀਤੀ ਜਾਵੇਗੀ।
;
;
;
;
;
;
;
;