JALANDHAR WEATHER

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ ਵੱਖ ਥਾਂਈ ਸਜਾਏ ਗਏ ਨਗਰ ਕੀਰਤਨ

ਸੁਨਾਮ ਊਧਮ ਸਿੰਘ ਵਾਲਾ/ਰਾਮਾ ਮੰਡੀ (ਬਠਿੰਡਾ)/ਚੋਗਾਵਾਂ (ਅੰਮ੍ਰਿਤਸਰ), 4 ਜਨਵਰੀ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ/ਗੁਰਵਿੰਦਰ ਸਿੰਘ ਕਲਸੀ/ਗੁਰਪ੍ਰੀਤ ਸਿੰਘ ਅਰੋੜਾ) - ਗੁਰਦੁਆਰਾ ਪ੍ਰਬੰਧਕ ਕਮੇਟੀ ਪਾਤਸ਼ਾਹੀ ਪਹਿਲੀ ਸੁਨਾਮ ਊਧਮ ਸਿੰਘ ਵਾਲਾ ਵਲੋਂ  ਪੰਜ ਪਿਆਰਿਆਂ ਦੀ ਅਗਵਾਈ ਵਿਚ ਦਸ਼ਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 359ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦਾ  ਥਾਂ ਥਾਂ ਸਵਾਗਤ ਕੀਤਾ ਗਿਆ ਅਤੇ ਸ਼ਹਿਰ ਦੇ ਵੱਖ-ਵੱਖ ਬਜਾਰਾਂ 'ਚ ਦੁਕਾਨਦਾਰਾਂ ਵਲੋਂ ਨਗਰ ਕੀਰਤਨ ਵਿਚ ਸ਼ਾਮਿਲ ਸੰਗਤਾਂ ਨੂੰ ਚਾਹ ਅਤੇ ਪਕੌੜਿਆਂ ਦਾ ਲੰਗਰ ਵਰਤਾਇਆ ਗਿਆ। ਇਸ ਸਮੇ ਢਾਡੀ ਜਥੇ ਵਲੋਂ ਸੰਗਤਾਂ ਨੂੰ ਸਿੱਖ ਇਤਿਹਾਸ ਤੋਂ ਜਾਣੂ ਕਰਵਾਇਆ ਗਿਆ ਅਤੇ ਗੱਤਕਾ ਪਾਰਟੀ ਵਲੋਂ ਆਪਣੀ ਕਲ੍ਹਾ ਦੇ ਜੌਹਰ ਵੀ ਵਿਖਾਏ ਗਏ।
ਇਸ ਤੋਂ ਇਲਾਵਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪਿੰਡ ਮੌੜੇ ਕਲਾਂ ਦੇ ਗੁਰਦੁਆਰਾ ਕੰਗਾਂ ਵਾਲਾ ਖੂਹ ਤੋਂ ਵੀ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਗੁਰਦੁਆਰਾ ਸਾਹਿਬ ਵਿਖੇ ਪਾਠ ਦੇ ਭੋਗ ਪਾਏ ਗਏ। ਉਪਰੰਤ ਫੁੱਲਾਂ ਨਾਲ ਸ਼ਿੰਗਾਰੀ ਬੱਸ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਦੀ ਆਰੰਭਤਾ ਬਾਬਾ ਗੁਰਬਚਨ ਸਿੰਘ ਸੁਰ ਸਿੰਘ ਵਾਲੇ, ਸੰਤ ਬਾਬਾ ਤਰਲੋਕ ਸਿੰਘ ਖਿਆਲੇ ਵਾਲੇ, ਬਾਬਾ ਰਾਜਨ ਸਿੰਘ ਮੋੜੇ ਕਲਾਂ, ਬਾਬਾ ਸੁਖਦੇਵ ਸਿੰਘ, ਬਾਬਾ ਅਮਰੀਕ ਸਿੰਘ ਛੀਨਾ,ਬਾਬਾ ਸੁਲੱਖਣ ਸਿੰਘ ਜੀ ਪੰਜਵੜ੍ਹ ਵਾਲੇ, ਬਾਬਾ ਕੁਲਬੀਰ ਸਿੰਘ ਕਾਰ ਸੇਵਾ ਗੁਰੂ ਕਾ ਬਾਗ, ਸਰਪੰਚ ਬਲਬੀਰ ਸਿੰਘ, ਬਾਬਾ ਜੋਗਿੰਦਰ ਸਿੰਘ ਲੋਪੋਕੇ ਆਦਿ ਵਲੋਂ ਜੈਕਾਰਿਆਂ ਦੀ ਗੂੰਜ ਵਿਚ ਅਰਦਾਸ ਕਰਕੇ ਕੀਤੀ ਗਈ। ਨਗਰ ਕੀਰਤਨ ਵਿਚ ਸੈਂਕੜਿਆਂ ਦੀ ਗਿਣਤੀ ਵਿਚ ਟਰੈਕਟਰ-ਟਰਾਲੀਆਂ, ਮੋਟਰ ਗੱਡੀਆਂ 'ਤੇ ਸਵਾਰ ਸੰਗਤਾਂ ਸਤਿਨਾਮ ਵਾਹਿਗੁਰੂ ਦਾ ਜਾਪ ਕਰਦੀਆਂ ਨਾਲ ਨਾਲ ਜਾ ਰਹੀਆਂ ਸਨ। ਇਸ ਦੌਰਾਨ ਕਵੀਸ਼ਰੀ ਜਥੇ ਨੇ ਸੰਗਤਾਂ ਨੂੰ ਗੁਰੂ ਇਤਿਹਾਸ ਦੀ ਸਾਂਝ ਪਾਈ।
ਇਸੇ ਤਰਾਂ ਪਿੰਡ ਰਾਮਸਰਾ ਦੇ ਗੁਰਦੁਆਰਾ ਕਲਗੀਧਰ ਸਾਹਿਬ ਵਿਖੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਮਨਾਇਆ ਜਾ ਰਿਹਾ ਹੈ। ਅੱਜ ਗੁਰਦੁਆਰਾ ਸਾਹਿਬ ਤੋਂ ਇਕ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਇਆ ਗਿਆ। ਇਸ ਨਗਰ ਕੀਰਤਨ ਵਿਚ ਫੁੱਲਾਂ ਨਾਲ ਸਜਾਈ ਪਾਲਕੀ ਸਾਹਿਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸੁਸ਼ੋਭਿਤ ਸਨ। ਨਗਰ ਕੀਰਤਨ ਦੌਰਾਨ ਵਲੋਂ ਗੱਤਕੇ ਦੇ ਜ਼ੋਹਰ ਦਿਖਾਏ ਜਾ ਰਹੇ ਸਨ। ਰਾਗੀ ਜਥੇ ਦੁਆਰਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਜਾ ਰਿਹਾ ਸੀ। ਨਗਰ ਕੀਰਤਨ ਦੌਰਾਨ ਸੰਗਤਾਂ ਵਾਹਿਗੁਰੂ ਦਾ ਜਾਪ ਕਰ ਰਹੀਆਂ ਸਨ। ਨਗਰ ਕੀਰਤਨ ਨਾਲ ਚੱਲ ਰਹੀਆਂ ਸੰਗਤਾਂ ਲਈ ਥਾਂ ਥਾਂ 'ਤੇ ਸ਼ਰਧਾਲੂਆਂ ਵਲੋਂ ਲੰਗਰ ਲਗਾਏ ਗਏ ।ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਨੇ ਸੰਗਤਾਂ ਨੂੰ ਗੁਰਪੁਰਬ ਦੀ ਵਧਾਈ ਦਿੱਤੀ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ । 
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ