ਮਹਿਲਾ ਦਾ ਮੋਬਾਈਲ ਖੋਹਣ ਦੀ ਕੋਸ਼ਿਸ਼ ਕਰਦੇ 2 ਮੁਲਜ਼ਮ ਕਾਬੂ
ਗੁਰੂ ਹਰ ਸਹਾਏ, 6 ਮਾਰਚ (ਕਪਿਲ ਕੰਧਾਰੀ)- ਇਲਾਕੇ ’ਚ ਵਧ ਰਹੀਆਂ ਲੁੱਟਾਂ-ਖੋਹਾਂ ਅਤੇ ਚੋਰੀਆਂ ਦੀਆਂ ਵਾਰਦਾਤਾਂ ਨੂੰ ਠੱਲ੍ਹ ਪਾਉਣ ਲਈ ਸਬ ਡਿਵੀਜ਼ਨ ਪੱਧਰ ‘ਤੇ ਪੁਲਿਸ ਵਲੋਂ ਲਗਾਤਾਰ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਤਹਿਤ ਡੀ.ਐਸ.ਪੀ. ਰਾਜਵੀਰ ਸਿੰਘ ਦੀ ਅਗਵਾਈ ਹੇਠ ਥਾਣਾ ਲੱਖੋ ਕੇ ਬਹਿਰਾਮ ਅਤੇ ਗੁਰੂ ਹਰ ਸਹਾਏ ਪੁਲਿਸ ਵਲੋਂ ਲੁਟੇਰਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।
ਇਸ ਮੌਕੇ ਡੀ.ਐਸ.ਪੀ. ਦਫਤਰ ਗੁਰੂ ਹਰ ਸਹਾਏ ਵਿਖੇ ਪ੍ਰੈਸ ਕਾਨਫਰੰਸ ਕਰਕੇ ਜਾਣਕਾਰੀ ਦਿੰਦੇ ਹੋਏ ਡੀ.ਐਸ.ਪੀ. ਰਾਜਵੀਰ ਸਿੰਘ ਨੇ ਦੱਸਿਆ ਕਿ ਇਕ ਮਹਿਲਾ ਜੋ ਕਿ ਪਿੰਡ ਪਿੰਡੀ ਦੇ ਇਕ ਹੋਟਲ ’ਚ ਕੰਮ ਕਰਦੀ ਹੈ, ਅਤੇ ਉਹ ਆਪਣਾ ਕੰਮਕਾਜ ਖਤਮ ਕਰਕੇ ਆਪਣੀ ਬੇਟੀ ਨਾਲ ਆਪਣੇ ਘਰ ਵਾਪਸ ਜਾ ਰਹੀ ਸੀ ਕਿ ਇਸੇ ਦੌਰਾਨ ਪਿੱਛੋਂ ਆਏ 2 ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਮਹਿਲਾ ਦਾ ਮੋਬਾਈਲ ਫ਼ੋਨ ਖੋਹ ਲਿਆ ਅਤੇ ਮੌਕੇ ਤੋਂ ਫਰਾਰ ਹੋ ਗਏ। ਜਿਸ ਤੋਂ ਬਾਅਦ ਮਹਿਲਾ ਵਲੋਂ ਇਸ ਘਟਨਾ ਸੰਬੰਧੀ ਤੁਰੰਤ 112 ਨੰਬਰ ‘ਤੇ ਕਾਲ ਕਰਕੇ ਪੁਲਿਸ ਨੂੰ ਸੂਚਿਤ ਕੀਤਾ ਗਿਆ।
ਸੂਚਨਾ ਮਿਲਦਿਆਂ ਹੀ ਥਾਣਾ ਲੱਖੋ ਕੇ ਬਹਿਰਾਮ ਦੇ ਥਾਣਾ ਮੁਖੀ ਤਰਸੇਮ ਸ਼ਰਮਾ ਦੀ ਅਗਵਾਈ ਹੇਠ ਲੱਖੋ ਕੇ ਬਹਿਰਾਮ ਦੀ ਪੁਲਿਸ ਵਲੋਂ ਤੁਰੰਤ ਕਾਰਵਾਈ ਕਰਦੇ ਹੋਏ ਲੁਟੇਰਿਆਂ ਦਾ ਪਿੱਛਾ ਕੀਤਾ ਅਤੇ ਦੋਨੋਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ। ਡੀ.ਐਸ.ਪੀ. ਰਾਜਵੀਰ ਸਿੰਘ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਬੱਬੂ ਸਿੰਘ ਪੁੱਤਰ ਪਰਮਜੀਤ ਸਿੰਘ ਅਤੇ ਮਲਕੀਤ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ ਢੰਡੀ ਕਦੀਮ ਥਾਣਾ ਸਦਰ ਜਲਾਲਾਬਾਦ ਵਜੋਂ ਹੋਈ ਹੈ। ਡੀ.ਐਸ.ਪੀ. ਰਾਜਵੀਰ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਦੋਨੋਂ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਰਿਮਾਂਡ ਲਿਆ ਗਿਆ ਹੈ।
;
;
;
;
;
;
;
;