ਸੁਨਾਮ ਮੰਡੀ 'ਚ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਣਕ ਦੀ ਸਰਕਾਰੀ ਬੋਲੀ ਸ਼ੁਰੂ ਕਰਵਾਈ
ਸੁਨਾਮ ਊਧਮ ਸਿੰਘ ਵਾਲਾ, 9 ਅਪ੍ਰੈਲ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਕਣਕ ਦੀ ਖਰੀਦ ਨੂੰ ਲੈ ਕੇ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀਆਂ, ਆੜ੍ਹਤੀਆਂ ਅਤੇ ਟਰੱਕ ਯੂਨੀਅਨ ਦੇ ਨੁਮਾਇੰਦਿਆਂ ਨਾਲ ਸਥਾਨਕ ਮਾਰਕਿਟ ਕਮੇਟੀ ਦੇ ਦਫਤਰ ਵਿਖੇ ਮੀਟਿੰਗ ਕਰਨ ਉਪਰੰਤ ਅਨਾਜ ਮੰਡੀ ਸੁਨਾਮ ਊਧਮ ਸਿੰਘ ਵਾਲਾ 'ਚ ਕਣਕ ਦੀ ਸਰਕਾਰੀ ਬੋਲੀ ਸ਼ੁਰੂ ਕਰਵਾਈ। ਇਸ ਸਮੇਂ ਕੈਬਨਿਟ ਮੰਤਰੀ ਅਮਨ ਅਰੋੜਾ ਕਿਸਾਨਾਂ, ਆੜ੍ਹਤੀਆਂ ਅਤੇ ਮੰਡੀ ਮਜ਼ਦੂਰਾਂ ਨੂੰ ਵੀ ਮਿਲੇ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ। ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਮੰਡੀਆਂ 'ਚੋਂ ਕਿਸਾਨਾਂ ਦਾ ਇਕ-ਇਕ ਦਾਣਾ ਖਰੀਦਣ ਲਈ ਵਚਨਬੱਧ ਹੈ ਅਤੇ ਕਿਸਾਨਾਂ ਨੂੰ ਮੰਡੀਆਂ ਵਿਚ ਕੋਈ ਦਿੱਕਤ ਨਹੀ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਿੱਥੇ ਖਰੀਦ ਏਜੰਸੀਆਂ ਵਲੋਂ ਕਣਕ ਦੀ ਖਰੀਦ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ, ਉੱਥੇ ਹੀ ਕਣਕ ਦੀ ਨਾਲੋਂ ਨਾਲ ਅਦਾਇਗੀ ਨੂੰ ਵੀ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਸਾਨ ਭਰਾਵਾਂ ਨੂੰ ਮੰਡੀਆਂ ਵਿਚ ਸੁੱਕੀ ਕਣਕ ਲਿਆਉਣ ਦੀ ਅਪੀਲ ਕੀਤੀ ਤਾਂ ਜੋ ਕਣਕ ਵੇਚਣ ਸਮੇਂ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਿਲ ਨਾ ਆਵੇ।
ਇਸ ਮੌਕੇ ਮਾਰਕਿਟ ਕਮੇਟੀ ਸੁਨਾਮ ਦੇ ਚੇਅਰਮੈਨ ਮੁਕੇਸ਼ ਜੁਨੇਜਾ ਨੇ ਕਿਹਾ ਕਿ ਮੰਡੀਆਂ ਵਿਚ ਛਾਂ, ਰੋਸ਼ਨੀ, ਸਫ਼ਾਈ,ਪੀਣ ਵਾਲੇ ਪਾਣੀ ਅਤੇ ਕਿਸਾਨਾਂ ਲਈ ਬੈਠਣ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਸੁਨਾਮ ਮੁਕੇਸ਼ ਜੁਨੇਜਾ, ਸਕੱਤਰ ਨਰਿੰਦਰ ਪਾਲ, ਮੰਡੀ ਸੁਪਰਵਾਈਜ਼ਰ ਗੁਰਪ੍ਰੀਤ ਸਿੰਘ ਔਜਲਾ,ਗਗਨਦੀਪ ਸਿੰਘ ਕਲਰਕ, ਰਜਿੰਦਰ ਸਿੰਘ ਭੈਣੀ, ਪ੍ਰਿਤਪਾਲ ਸਿੰਘ ਹਾਂਡਾ, ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਕਿਸ਼ੋਰ ਚੰਦ ਛਾਹੜੀਆ, ਸਰਪੰਚ ਮਨਿੰਦਰ ਸਿੰਘ ਲਖਮੀਰਵਾਲਾ,ਅਮਰੀਕ ਸਿੰਘ ਧਾਲੀਵਾਲ,ਯਾਦਵਿੰਦਰ ਸਿੰਘ ਰਾਜਾ ਚੱਠੇ ਨੱਕਟੇ,ਰਾਜਨ ਸਿੰਗਲਾ,ਰਾਜਨ ਹੋਡਲਾ,ਰਾਜ ਕੁਮਾਰ ਅਤੇ ਜੀਵਨ ਕੁਮਾਰ ਆਦਿ ਮੌਜੂਦ ਸਨ।
;
;
;
;
;
;
;
;