ਕਿਸਾਨਾਂ ਦੇ ਹਿੱਤ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਵੱਡਾ ਫ਼ੈਸਲਾ-ਅਕਸ਼ੈ ਸ਼ਰਮਾ
ਅੰਮ੍ਰਿਤਸਰ, 17 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ) - ਭਾਜਪਾ ਦੇ ਹਲਕਾ ਉੱਤਰੀ ਤੋਂ ਆਗੂ ਅਕਸ਼ੈ ਸ਼ਰਮਾ ਨੇ ਪੰਜਾਬ ਵਿਚ ਕਣਕ ਦੀ ਖ਼ਰੀਦ ਲਈ ਕੇਂਦਰ ਸਰਕਾਰ ਵਲੋਂ ਨਿਯਮਾਂ ਵਿਚ ਦਿੱਤੀ ਗਈ ਢਿੱਲ ਦਾ ਖੁੱਲ੍ਹੇ ਦਿਲ ਨਾਲ ਸਵਾਗਤ ਕਰਦਿਆਂ ਇਸ ਫ਼ੈਸਲੇ ਨੂੰ ਕਿਸਾਨਾਂ ਦੇ ਹਿੱਤ ਵਿਚ ਇਕ ਇਤਿਹਾਸਕ ਕਦਮ ਕਰਾਰ ਦਿੰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ਹੈ।ਅਕਸ਼ੈ ਸ਼ਰਮਾ ਨੇ ਕਿਹਾ ਕਿ ਸਾਡੇ ਕਿਸਾਨ ਦੇਸ਼ ਦੀ ਸ਼ਾਨ ਹਨ ਅਤੇ ਉਨ੍ਹਾਂ ਦੀ ਖੁਸ਼ਹਾਲੀ ਹੀ ਸਰਕਾਰ ਦਾ ਮੁੱਖ ਮਕਸਦ ਹੈ। ਉਨ੍ਹਾਂ ਕਿਹਾ ਕਿ ਅਸੀਂ ਆਪਣੇ ਅੰਨਦਾਤਿਆਂ ਵਲੋਂ ਪੰਜਾਬ ਭਰ ਵਿਚ ਕਣਕ ਖ਼ਰੀਦ ਦੇ ਨਿਯਮਾਂ ਵਿਚ ਢਿੱਲ ਦੇਣ ਲਈ ਮਾਣਯੋਗ ਪ੍ਰਧਾਨ ਮੰਤਰੀ ਦਾ ਧੰਨਵਾਦ ਕਰਦੇ ਹਾਂ। ਕਿਸਾਨ ਸਾਡਾ ਮਾਣ ਹਨ ਅਤੇ ਉਨ੍ਹਾਂ ਦੀ ਤਰੱਕੀ ਸਾਡਾ ਟੀਚਾ ਹੈ।
ਅਕਸ਼ੈ ਸ਼ਰਮਾ ਨੇ ਪੰਜਾਬ ਦੇ ਕਿਸਾਨਾਂ ਦੀ ਮਿਹਨਤ ਦੀ ਵੀ ਪ੍ਰਸ਼ੰਸਾ ਕੀਤੀ ਅਤੇ ਕਿਹਾ ਕਿ ਕੇਂਦਰੀ ਪੂਲ ਵਿਚ ਪੰਜਾਬ ਸਭ ਤੋਂ ਵੱਧ ਯੋਗਦਾਨ ਪਾਉਂਦਾ ਹੈ, ਜਿਸ ‘ਤੇ ਪੂਰੇ ਦੇਸ਼ ਨੂੰ ਮਾਣ ਹੈ। ਹਾਲ ਹੀ ਵਿਚ ਹੋਈ ਬੇਮੌਸਮੀ ਬਾਰਿਸ਼ ਅਤੇ ਹੋਰ ਕਾਰਨਾਂ ਕਰਕੇ ਕਣਕ ਦੀ ਗੁਣਵੱਤਾ ‘ਤੇ ਪਿਆ ਅਸਰ ਦੇਖਦੇ ਹੋਏ ਕੇਂਦਰ ਸਰਕਾਰ ਨੇ ਖ਼ਰੀਦ ਨਿਯਮਾਂ ਵਿਚ ਲਚਕਤਾ ਦਿਖਾਈ ਹੈ।
ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਨਾਲ ਉਨ੍ਹਾਂ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ, ਜਿਨ੍ਹਾਂ ਦੀ ਫ਼ਸਲ ਮੌਸਮੀ ਮਾਰ ਕਾਰਨ ਪ੍ਰਭਾਵਿਤ ਹੋਈ ਸੀ। ਅਕਸ਼ੈ ਸ਼ਰਮਾ ਨੇ ਦੁਹਰਾਇਆ ਕਿ ਪੰਜਾਬ ‘ਦੇਸ਼ ਦਾ ਅੰਨ ਭੰਡਾਰ’ ਹੈ ਅਤੇ ਕੇਂਦਰ ਸਰਕਾਰ ਹਮੇਸ਼ਾਂ ਪੰਜਾਬ ਦੇ ਕਿਸਾਨਾਂ ਦੇ ਨਾਲ ਖੜੀ ਹੈ।ਇਸ ਫ਼ੈਸਲੇ ਤੋਂ ਬਾਅਦ ਪੰਜਾਬ ਦੀਆਂ ਮੰਡੀਆਂ ਵਿਚ ਕਣਕ ਦੀ ਖ਼ਰੀਦ ਪ੍ਰਕਿਰਿਆ ਵਿਚ ਤੇਜ਼ੀ ਆਉਣ ਦੀ ਸੰਭਾਵਨਾ ਹੈ ਅਤੇ ਕਿਸਾਨਾਂ ਨੂੰ ਉਨ੍ਹਾਂ ਦੀ ਮਿਹਨਤ ਦਾ ਸਹੀ ਮੁੱਲ ਮਿਲੇਗਾ।
;
;
;
;
;
;
;